ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਿਲ ਲਾਈਨਜ਼ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਤੋਂ ਡਾ. ਬਲਵਿੰਦਰ ਪਾਲ ਸਿੰਘ ਅਤੇ ਸ. ਜਸਪਾਲ ਸਿੰਘ ਨੇ ਪ੍ਰਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।
ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਸਾਹਿਬ ਦੇ ਜੀਵਨ ਸੰਦੇਸ਼ਾਂ, ਉਨ੍ਹਾਂ ਦੇ ਬਲਿਦਾਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਉਣਾ ਸੀ। ਪ੍ਰਮੁੱਖ ਵਕਤਾ ਡਾ. ਬਲਵਿੰਦਰ ਪਾਲ ਸਿੰਘ ਅਤੇ ਸ. ਜਸਪਾਲ ਸਿੰਘ ਨੇ ਸੈਮੀਨਾਰ ਦੀ ਭੂਮਿਕਾ ਬੰਨਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਰਮ ਅਤੇ ਸੱਚਾਈ ਦੀ ਰੱਖਿਆ ਲਈ ਬਲਿਦਾਨ ਦਿੱਤਾ ਪਰ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ। ਉਨ੍ਹਾਂ ਦਾ ਬਲਿਦਾਨ ਸਾਰੀ ਮਨੁੱਖਤਾ ਲਈ ਪ੍ਰੇਰਣਾ ਸ੍ਰੋਤ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਵਿੰਦਰ ਪਾਲ ਸਿੰਘ ਨੇ ਗੁਰੂ ਜੀ ਦੇ ਉਪਦੇਸ਼ਾਂ ਉੱਤੇ ਵਿਸਤਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਸਹਿਣਸ਼ੀਲਤਾ ਅਤੇ
ਭਾਈਚਾਰਕ ਸਾਂਝ ਲਈ ਬਹੁਤ ਮਹੱਤਵ ਰੱਖਦੀਆਂ ਹਨ।
ਇਸ ਸਮਾਗਮ ਦੇ ਦੌਰਾਨ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਦਾ ਇਮਤਿਹਾਨ ਅਤੇ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ‘ਤੇ ਪੋਸਟਰ ਬਣਾਉਣ ਮੁਕਾਬਲੇ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਹੜੀਆਂ ਕਿ ਬਹੁਤ ਹੀ ਸਫ਼ਲਤਾ ਪੂਰਵਕ ਸੰਪੂਰਨ ਹੋਈਆਂ। ਇਸ ਮੌਕੇ ਪੋਸਟਰ ਬਣਾਉਣ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਜਿਨਾਂ ਦਾ ਵੇਰਵਾ ਇਸ ਪ੍ਰਕਾਰ ਹੈ:
ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ, ਰੋਲ ਨੰਬਰ 250015 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬੀ.ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਰੋਲ ਨੰਬਰ 256515 ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਡਿੰਪਲ ਰੋਲ ਨੰਬਰ 251429 ਅਤੇ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ
ਘਾਨੀ ਰੋਲ ਨੰਬਰ 250210 ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਜੈਸਮੀਨ ਰੋਲ ਨੰਬਰ 250102 ਨੂੰ ਹੌਸਲਾ ਅਫ਼ਜਾਈ ਇਨਾਮ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਜੀ ਨੇ ਆਏ ਵਕਤਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਉਹਨਾਂ ਦੀ ਭਾਗੀਦਾਰੀ ਤੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਉਹਨਾਂ ਨੂੰ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਧਾਰਨ ਕਰਦੇ ਹੋਏ ਸਿੱਖੀ ਦੇ ਮਾਰਗ ਦਰਸ਼ਨ ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਸਮੇਂ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਵੀ ਹਾਜ਼ਰ ਰਹੇ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਇਹਨਾਂ ਪ੍ਰੋਗਰਾਮਾਂ ਦੀ ਲੜੀ 25 ਨਵੰਬਰ
ਤੱਕ ਨਿਰੰਤਰ ਜਾਰੀ ਰਹੇਗੀ।